Breaking News
Home / Breaking News / ਲਾਲ ਬੱਤੀ ਦੇਣ ਵਾਲੇ ਟਰਾਂਸਪੋਰਟ ਸਕੱਤਰ ਦੀ ਛੁੱਟੀ!

ਲਾਲ ਬੱਤੀ ਦੇਣ ਵਾਲੇ ਟਰਾਂਸਪੋਰਟ ਸਕੱਤਰ ਦੀ ਛੁੱਟੀ!

ਚੰਡੀਗੜ੍ਹ: ਮੰਤਰੀਆਂ ਦੀਆਂ ਗੱਡੀਆਂ ‘ਤੇ ਲਾਲ ਬੱਤੀ ਦੇ ਮਾਮਲੇ ਨੇ ਇੱਕ ਸੀਨੀਅਰ ਆਈ.ਏ.ਐਸ. ਅਫਸਰ ਦੀ ਬਲੀ ਲੈ ਲਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੰਤਰੀਆਂ ਦੀਆਂ ਗੱਡੀਆਂ ‘ਤੇ ਲਾਲ ਬੱਤੀਆਂ ਲਾਉਣ ਦੇ ਆਦੇਸ਼ ਜਾਰੀ ਕਰਨ ਵਾਲੇ ਟਰਾਂਸਪੋਰਟ ਸਕੱਤਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਲਾਲ ਬੱਤੀਆਂ ਲਾਉਣ ਦੇ ਆਦੇਸ਼ ਕਾਰਨ ਹੋਈ ਨਿਮੋਸ਼ੀ ਤੋਂ ਬਾਅਦ ਸਰਕਾਰ ਨੇ ਕੱਲ੍ਹ ਹੀ ਨੋਟੀਫਿਕੇਸ਼ਨ ਵਾਪਸ ਲੈ ਲਿਆ ਸੀ ਤੇ ਅੱਜ ਟਰਾਂਸਪੋਰਟ ਸਕੱਤਰ ਨੂੰ ਹਟਾ ਦਿੱਤਾ ਗਿਆ ਹੈ।

ਕਾਬਲੇਗੌਰ ਹੈ ਕਿ ਮੰਗਲਵਾਰ ਨੂੰ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਵਿੱਚ ਐਮਰਜੈਂਸੀ, ਹਸਪਤਾਲ, ਐਂਬੂਲੈਂਸ, ਫਾਇਰ ਬ੍ਰਿਗੇਡ, ਮੁੱਖ ਮੰਤਰੀ, ਕੈਬਨਿਟ ਮੰਤਰੀ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਤੇ ਜੱਜਾਂ ਦੀਆਂ ਗੱਡੀਆਂ ਤੋਂ ਇਲਾਵਾ ਸਾਰੀਆਂ ਗੱਡੀਆਂ ’ਤੇ ਲਾਲ ਬੱਤੀ ਲਾਉਣ ਦੀ ਮਨਾਹੀ ਹੋਵੇਗੀ। ਇਸ ਨੋਟੀਫਿਕੇਸ਼ਨ ਦੀ ਕਾਪੀ ਮਿਲਦਿਆਂ ਹੀ ਸੋਸ਼ਲ ਮੀਡੀਆ ’ਤੇ ਰੌਲਾ ਪੈ ਗਿਆ ਕਿ ਕੈਪਟਨ ਸਰਕਾਰ ਲਾਲ ਬੱਤੀ ਕਲਚਰ ਖਤਮ ਕਰਨ ਤੋਂ ਪਿੱਛੇ ਹਟ ਗਈ ਹੈ।

ਇਸ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਲ ਬੱਤੀ ਕਲਚਰ ਖਤਮ ਕਰਨ ਦੇ ਮੁੱਦੇ ’ਤੇ ਸਰਕਾਰ ਦੀ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਸੀ ਕਿ ਮੁੱਖ ਮੰਤਰੀ, ਮੰਤਰੀ, ਵਿਧਾਇਕ ਆਪਣੀਆਂ ਕਾਰਾਂ ’ਤੇ ਲਾਲ ਬੱਤੀ ਨਹੀਂ ਲਾਉਣਗੇ। ਜ਼ਿਕਰਯੋਗ ਹੈ ਕਿ ਕੈਪਟਨ ਸਰਕਾਰ ਦੀ ਵਜ਼ਾਰਤ ਦੀ ਪਹਿਲੀ ਮੀਟਿੰਗ 18 ਮਾਰਚ ਨੂੰ ਹੋਈ ਸੀ ਜਿਸ ਵਿੱਚ ਫ਼ੈਸਲਾ ਕੀਤਾ ਗਿਆ ਸੀ ਕਿ ਮੁੱਖ ਮੰਤਰੀ ਸਮੇਤ ਕੋਈ ਮੰਤਰੀ ਆਪਣੀ ਗੱਡੀ ’ਤੇ ਲਾਲ ਬੱਤੀ ਨਹੀਂ ਲਾਵੇਗਾ ਤੇ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਉਸੇ ਦਿਨ ਹੀ ਮੁੱਖ ਮੰਤਰੀ ਤੇ ਮੰਤਰੀਆਂ ਨੇ ਲਾਲ ਬੱਤੀਆਂ ਲਾਹ ਦਿੱਤੀਆਂ ਸਨ।

ਮੰਗਲਵਾਰ ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਮੁੱਖ ਮੰਤਰੀ ਤੇ ਮੰਤਰੀਆਂ ਨੂੰ ਲਾਲ ਬੱਤੀ ਲਾਉਣ ਦੀ ਖੁੱਲ੍ਹ ਦਿੱਤੀ ਗਈ ਸੀ। ਇਸ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਭੰਬਲਭੂਸਾ ਪੈਦਾ ਹੋ ਗਿਆ ਸੀ। ਸੋਸ਼ਲ ਮੀਡੀਆ ’ਤੇ ਪਏ ਰੌਲੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਨੇ ਨੋਟੀਫਿਕੇਸ਼ਨ ਵਾਪਸ ਲੈ ਲਿਆ ਸੀ।

About admin

Check Also

750 ਰੁਪਏ ਹੋਈ ਮਹਿੰਗੀ ਚਾਂਦੀ,ਜਾਣੋ ਸੋਨੇ ਦੇ ਰੇਟ

ਨਵੀਂ ਦਿੱਲੀ,18/11/17:–  ਵਿਆਹਾਂ ਦੇ ਸੀਜ਼ਨ ‘ਚ ਮੰਗ ਵਧਣ ਨਾਲ ਅੱਜ  ਸਰਾਫਾ ਬਾਜ਼ਾਰ ‘ਚ ਸੋਨਾ ਲਗਾਤਾਰ ...

Leave a Reply

Your email address will not be published. Required fields are marked *